ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪਟਿਆਲਾ; 6 ਅਪ੍ਰੈਲ-(ਜਪਿੰਦਰ ਸਿੰਘ ਗਰੇਵਾਲ/ਗੁਰਪ੍ਰੀਤ ਸਿੰਘ ਜਖਵਾਲੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ 'ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਆਪਣੀ ਸਰਕਾਰ ਦੀ ਦੋਹਰੀ ਪਹੁੰਚ ਨੂੰ ਉਜਾਗਰ ਕੀਤਾ।

ਬੱਸ ਫਲੀਟ ਵਿਚ ਵਾਧੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪਟਿਆਲਾ ਵਿੱਚ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਪੀ.ਆਰ.ਟੀ.ਸੀ. ਫਲੀਟ ਵਿੱਚ ਸ਼ਾਮਲ ਕੀਤਾ ਗਿਆ। ਇਹ ਸਿਰਫ਼ ਆਵਾਜਾਈ ਸਹੂਲਤਾਂ ਵਿੱਚ ਸੁਧਾਰ ਨਹੀਂ, ਸਗੋਂ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਵਧੇਰੇ ਆਰਾਮਦਾਇਕ ਯਾਤਰਾ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਜਨਤਕ ਆਵਾਜਾਈ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਆਉਣ ਵਾਲੇ ਦਿਨਾਂ ਵਿੱਚ 300 ਤੋਂ ਵੱਧ ਹੋਰ ਬੱਸਾਂ ਪੀ.ਆਰ.ਟੀ.ਸੀ. ਫਲੀਟ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਸਰਕਾਰ ਜਨਤਕ ਸਹੂਲਤ ਦੇ ਵਿਸਥਾਰ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਵਿਸਥਾਰ ਦੇ ਪੈਮਾਨੇ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਮਈ 2026 ਦੇ ਅੰਤ ਤੱਕ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 254 ਸਧਾਰਨ ਅਤੇ 100 ਮਿੰਨੀ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ 309 ਹੋਰ ਬੱਸਾਂ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਦੇ ਟਰਾਂਸਪੋਰਟ ਨੈੱਟਵਰਕ ਨੂੰ ਵੱਡੀ ਮਜ਼ਬੂਤੀ ਮਿਲੇਗੀ। 
ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਇਸ ਨਾਲ 681 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਰਾਹ ਵੀ ਪੱਧਰਾ ਹੋਵੇਗਾ,। ” ਉਨ੍ਹਾਂ ਕਿਹਾ, “2024 ਦੌਰਾਨ ਪੀਆਰਟੀਸੀ ਦੇ ਬੇੜੇ ਵਿੱਚ ਲਗਭਗ 110 ਬੱਸਾਂ ਸ਼ਾਮਲ ਕੀਤੀਆਂ ਗਈਆਂ, ਜਿਸ ਨਾਲ 165 ਵਿਅਕਤੀਆਂ ਨੂੰ ਰੁਜ਼ਗਾਰ ਮਿਲਿਆ ਸੀ।” ਉਨ੍ਹਾਂ ਅੱਗੇ ਕਿਹਾ, “309 ਹੋਰ ਬੱਸਾਂ ਨੂੰ ਸ਼ਾਮਲ ਕਰਨ ਲਈ ਵੀ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨਾਲ 928 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ।’’”

ਨਿਗਮ ਦੀ ਸੁਧਰੀ ਵਿੱਤੀ ਹਾਲਤ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੀ.ਆਰ.ਟੀ.ਸੀ. ਨੇ ਕੁੱਲ ਮਾਲੀਏ ਵਿੱਚ 53 ਫੀਸਦੀ ਵਾਧਾ ਦਰਜ ਕੀਤਾ ਹੈ, ਜੋ ਵਿੱਤੀ ਸਾਲ 2021-22 ਵਿੱਚ 607.09 ਕਰੋੜ ਰੁਪਏ ਦੇ ਮੁਕਾਬਲੇ 2024-25 ਵਿੱਚ ਵੱਧ ਕੇ 927.83 ਕਰੋੜ ਰੁਪਏ ਹੋ ਗਿਆ ਹੈ।” ਉਨ੍ਹਾਂ ਅੱਗੇ ਕਿਹਾ,“ਮੌਜੂਦਾ ਵਿੱਤੀ ਸਾਲ 2025-26 ਵਿੱਚ, ਪੀ.ਆਰ.ਟੀ.ਸੀ. ਦੇ ਕੁੱਲ ਮਾਲੀਏ ਵਿੱਚ 950 ਕਰੋੜ ਰੁਪਏ ਨੂੰ ਪਾਰ ਕਰਨ ਦੀ ਆਸ ਹੈ, ਜੋ ਲਗਭਗ 57 ਫੀਸਦੀ ਵਾਧੇ ਨੂੰ ਦਰਸਾਉਂਦਾ ਹੈ।”

’ਆਪ’ ਸਰਕਾਰ ਦੀ ਭਲਾਈ ਪ੍ਰਤੀ ਵਚਨਬੱਧਤਾ ਦ੍ਰਿੜਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘2022 ਤੋਂ, ਪੀਆਰਟੀਸੀ ਨੇ 1574 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੀਆਂ 34.63 ਕਰੋੜ ਮਹਿਲਾ ਯਾਤਰੀਆਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ, ਪੀ.ਆਰ.ਟੀ.ਸੀ. ਨੇ 2.21 ਕਰੋੜ ਦੀ ਮੁਫ਼ਤ ਐਚ.ਵੀ.ਏ.ਸੀ. ਬੱਸ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ , ਜਿਸ ਨਾਲ 9,529 ਯਾਤਰੀਆਂ ਨੂੰ ਪੰਜਾਬ ਵਿਚਲੇ ਅਤੇ ਬਾਹਰਲੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗਾ ਮੌਕਾ ਮਿਲਿਆ ।’’

Post a Comment

Previous Post Next Post