ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 6 ਅਪ੍ਰੈਲ-(ਜਪਿੰਦਰ ਸਿੰਘ ਗਰੇਵਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿੱਚ ਅਹਿਮ ਸੁਧਾਰ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਰੁਜ਼ਗਾਰ ਪੈਦਾ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਵਿੱਚ 9593 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 1750 ਹੋਰ ਅਸਾਮੀਆਂ ਲਈ ਭਰਤੀ ਜਾਰੀ ਹੈ। ਪੰਜਾਬ ਬਿਜਲੀ ਵਿਭਾਗ (ਪੀਐਸਪੀਸੀਐਲ) ਵੱਲੋਂ ਏ+ ਰੇਟਿੰਗ ਹਾਸਲ ਕਰਨਾ, ਰਾਸ਼ਟਰੀ ਪੱਧਰ ’ਤੇ ਦੂਜਾ ਸਥਾਨ ਮਿਲਣਾ ਪੰਜਾਬ ਨੂੰ ਬਿਜਲੀ ਵਿੱਚ ਆਤਮ-ਨਿਰਭਰ ਬਣਾਉਣ ਅਤੇ ਲੋਕਾਂ ਲਈ 24 ਘੰਟੇ ਮੁਫ਼ਤ ਬਿਜਲੀ ਸਪਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਆਪ ਸਰਕਾਰ ਨੇ ਹਰ ਖੇਤਰ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਵਾ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਪਹਿਲੀ ਵਾਰ ਲੋਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਤੋਂ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ।” ਉਨ੍ਹਾਂ ਅੱਗੇ ਕਿਹਾ, ‘‘ਜਦੋਂ ਅਸੀਂ ਸੂਬੇ ਦੀ ਵਾਗਡੋਰ ਸੰਭਾਲੀ ਸੀ ਤਾਂ ਸਿੰਚਾਈ ਲਈ ਸਿਰਫ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਪ੍ਰਤੀਸ਼ਤ ਵਧ ਕੇ 78 ਫੀਸਦੀ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 90 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।’’

Post a Comment

Previous Post Next Post